ਡਿਪਟੀ ਕਮਿਸ਼ਨਰ ਨੇ ਕਣਕ ਦੀ ਸੁਚੱਜੀ ਖਰੀਦ ਲਈ ਦਿੱਤੇ ਨਿਰਦੇਸ਼ਜ਼ਿਲ੍ਹੇ ਦੀਆਂ ਮੰਡੀਆਂ ’ਚ 3.60 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ

B11 NEWS
By -
ਕਪੂਰਥਲਾ, 1 ਅਪ੍ਰੈਲ:(ਲਾਡੀ,ੳ.ਪੀ.ਚੌਧਰੀ) ਅਗਲੇ ਦਿਨਾਂ ’ਚ ਮੰਡੀਆਂ ਵਿਚ ਕਣਕ ਦੀ ਹੋਣ ਵਾਲੀ ਆਮਦ ਦੇ ਮੱਦਨੇਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮੰਡੀਆਂ ਵਿਚ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਹਦਾਇਤ ਕੀਤੀ ਕਿ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਜਾਣ। 
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੱਕੇ ਤੌਰ ’ਤੇ 42 ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ , ਜਿੱਥੇ ਲੋੜੀਂਦੀਆਂ ਸਹੂਲਤਾਂ ਉਪਲਬਧ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿਚ 3.60 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੇ ਬੰਦੋਬਸਤ ਅਮਲ ਵਿਚ ਲਿਆ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਖਰੀਦ ਲਈ ਲੋੜ ਅਨੁਸਾਰ ਬਾਰਦਾਨਾ ਅਤੇ ਬਾਕੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੀ ਨਿਗਰਾਨੀ ਰੱਖਣ ਤਾਂ ਜੋ ਕਿਸੇ ਨੂੰ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐਸ.ਡੀ.ਐਮਜ਼ ਡਾ.ਇਰਵਿਨ ਕੌਰ ਤੇ ਜਸ਼ਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।